ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।ਚੰਡੀਗੜ੍ਹ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਆ ਰਹੀ ਹੈ। ਉੱਤਰੀ ਹਰਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਹੈ। ਇਸ ਤੋਂ ਇਲਾਵਾ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਖੇਤਰ ਵਿੱਚ ਵੀ ਚੱਕਰਵਾਤੀ ਹਵਾਵਾਂ ਦਾ ਸਿਸਟਮ ਬਣਿਆ ਹੋਇਆ ਹੈ। ਗੁਜਰਾਤ ਅਤੇ ਨੇੜਲੇ ਇਲਾਕਿਆਂ ਵਿੱਚ ਪ੍ਰਤੀਚੱਕਰਵਾਤੀ ਸਿਸਟਮ ਸਰਗਰਮ ਹੈ, ਜਦਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।ਪੰਜਾਬ ਵਿੱਚੋਂ ਮਾਨਸੂਨ ਦੀ ਵਾਪਸੀ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ 15 ਅਕਤੂਬਰ ਤੱਕ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ ਕੁੱਲ ਮੀਂਹ ਆਮ ਦੇ ਨੇੜੇ ਰਹਿਣ ਦਾ ਅਨੁਮਾਨ ਹੈ। ਮੌਸਮ ਵਿੱਚ ਆ ਰਹੀ ਤਬਦੀਲੀ ਕਾਰਨ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਵੀ ਦੇਖਣ ਨੂੰ ਮਿਲ ਸਕਦੀ ਹੈ।













