-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੋਟਕਪੂਰਾ ਦਾ ਦੌਰਾ
-ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
-ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ -ਜਤਿੰਦਰ ਸਿੰਘ ਸ਼ੰਟੀ
ਫ਼ਰੀਦਕੋਟ 25 ਅਕਤੂਬਰ (ਪਰਵਿੰਦਰ ਸਿੰਘ ਕੰਧਾਰੀ)
ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਬਾਬਾ ਫਰੀਦ ਨਰਸਿੰਗ ਕਾਲਜ, ਫਰੀਦਕੋਟ ਰੋਡ, ਕੋਟਕਪੂਰਾ ਵਿਖੇ ਕੀਤਾ ਗਿਆ ਦੌਰਾ। ਉਨ੍ਹਾਂ ਨੇ ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ । ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਗਏ ਹਨ, ਜੋ ਕਿ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ, ਐਨ.ਜੀ.ਓਜ ਦੇ ਨੁਮਾਇੰਦਿਆਂ, ਸਰਪੰਚਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਸ. ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹਨ, ਤਾਂ ਕਿ ਪੀੜਤਾਂ ਨੂੰ ਤੁਰੰਤ ਨਿਆਂ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਪ੍ਰਸ਼ਾਸਨਿਕ/ਪੁਲਿਸ ਅਧਿਕਾਰੀਆਂ ਨੂੰ ਮਿਲ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮੁਹੱਈਆ ਕਰਵਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇਹ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ , ਕਿ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿੱਚ ਮ੍ਰਿਤਕ ਸਰੀਰ ਸਬੰਧਿਤ ਪਰਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਐਂਬੂਲੈਂਸ ਪਾਇਲਟ ਪ੍ਰੋਜੈਕਟ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਮੁਹੱਈਆ ਕਰਵਾਏਗਾ ।
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ, ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਸਮੇਂ-ਸਿਰ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਅੱਜ ਜੋ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਉਨ੍ਹਾਂ ਦਾ ਹੱਲ ਸਮਾਂ ਬੱਧ ਕੀਤਾ ਜਾਵੇਗਾ।
ਇਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ ਸ. ਰਜਿੰਦਰ ਸਿੰਘ, ਐਸ.ਡੀ.ਐਮ ਜੈਤੋ ਸ਼੍ਰੀ ਵਿਕਰਮਜੀਤ ਸਿੰਘ, ਡੀ.ਆਰ,ਓ ਲਵਪ੍ਰੀਤ ਕੌਰ, ਸ.ਮਨਿੰਦਰਪਾਲ ਸਿੰਘ ਈ.ਓ, ਈ.ਓ ਫਰੀਦਕੋਟ ਅੰਮ੍ਰਿਤ ਲਾਲ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਤਹਿਸੀਲਦਾਰ ਪਰਮਿੰਦਰ ਸਿੰਘ, ਐਸ.ਪੀ ਨਰਿੰਦਰ ਸਿੰਘ, ਸ੍ਰੀ ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ, ਕੋਰ ਕਮੇਟੀ ਦੇ ਪ੍ਰਧਾਨ ਰਜਿੰਦਰ ਦਾਸ ਸਿੰਘ ਰਿੰਕੂ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਕੌਰ ਸੰਧੂ, ਸ਼੍ਰੀ ਨਵੀਨ ਕੁਮਾਰ ਐਕਸੀਐਨ ਪੀ.ਡਬਲਿਊ.ਡੀ, ਸਿਵਲ ਸਰਜਨ ਡਾ.ਪਰਵਜੀਤ ਸਿੰਘ, ਸ੍ਰੀ ਰਵੀਦੀਪ ਸਿੰਗਲਾ ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸ਼੍ਰੀ ਸੀਤਾ ਰਾਮ ਜਨਰਲ ਮੈਨੇਜਰ ਪੀ.ਆਰ.ਟੀ.ਸੀ, ਸ੍ਰੀ ਚਮਕੌਰ ਸਿੰਘ ਵਣ ਰੇਂਜ ਅਫਸਰ, ਸੰਦੀਪ ਕਟਾਰੀਆ, ਅਮਨਦੀਪ ਸਿੰਘ, ਜਸਵੀਰ ਸਿੰਘ ਜੱਸੀ, ਗੁਰਸੇਵਕ ਸਿੰਘ ਨਸ਼ਾ ਕੋਆਰਡੀਨੇਟ , ਪੀ.ਐਸ.ਪੀ.ਸੀ.ਐਲ ਇਕਬਾਲ ਸਿੰਘ ਏ.ਈ.ਈ, ਡਾ. ਵਰਿੰਦਰ ਸਿੰਘ ਐਸ.ਐਮ.ਓ ਜੈਤੋ, ਡਿਪਟੀ ਮੈਡੀਕਲ ਕਮਿਸ਼ਨਰ ਵਿਸ਼ਵਦੀਪ ਗੋਇਲ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ ਦੇ ਨੁਮਾਇੰਦੇ ਅਤੇ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।













